Tuesday, June 11, 2024

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

 


NEW DELHI/ AAJ KI DELHI/ YOGRAAJ SHARMA

ਗੁਰੂ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕਰਕੇ ਤੇ ਸ੍ਰੀ ਦਰਬਾਰ ਸਾਹਿਬ ਦੀ ਸਥਾਪਨਾ ਕਰਵਾ ਕੇ ਸਿੱਖ ਕੌਮ ਨੂੰ ਵੱਡੀ ਬਖਸ਼ਿਸ਼ ਦਿੱਤੀ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

ਨਵੀਂ ਦਿੱਲੀ, 10 ਜੂਨ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ।
ਇਸ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਰਚਨਾ ਕਰਕੇ ਤੇ ਸ੍ਰੀ ਦਰਬਾਰ ਸਾਹਿਬ ਦੀ ਸਥਾਪਨਾ ਕਰਵਾ ਕੇ ਸਿੱਖ ਕੌਮ ਨੂੰ ਵੱਡੀ ਬਖਸ਼ਿਸ਼ ਦਿੱਤੀ। ਉਹਨਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਤੱਤੀ ਤਵੀ ’ਤੇ ਬੈਠ ਕੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਹਾਦਤ ਦੇ ਕੇ ਸਮੇਂ ਦੇ ਹਾਕਮਾਂ ਤੇ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਅਕਾਲ ਪੁਰਖ ਦਾ ਹੁਕਮ ਕਿਵੇਂ ਮੰਨਿਆ ਜਾਂਦਾ ਹੈ। 
ਉਹਨਾਂ ਕਿਹਾ ਕਿ ਗੁਰੂ ਸਾਹਿਬ ਨੂੰ ਸ਼ਹੀਦਾਂ ਦੇ ਸਿਰਤਾਜ ਇਸ ਵਾਸਤੇ ਕਿਹਾ ਜਾਂਦਾ ਹੈ ਕਿਉਂਕਿ ਨੇ ਆਪਣੀ ਸ਼ਹਾਦਤ ਦੇ ਕੇ ਸਿੱਖ ਕੌਮ ਨੂੰ ਤੇ ਗੁਰੂ ਸਾਹਿਬ ਨੂੰ ਅਗਲੇ ਸਮੇਂ ਵਿਚ ਸ਼ਹਾਦਤਾਂ ਦੇਣ ਵਾਸਤੇ ਪ੍ਰੇਰਿਆ। ਉਹਨਾਂ ਕਿਹਾ ਕਿ ਇਸ ਮਗਰੋਂ ਹੀ ਸਿੱਖ ਗੁਰੂ ਸਾਹਿਬਾਨ ਨੇ ਵੱਡੀਆਂ ਸ਼ਹਾਦਤਾਂ ਦਿੱਤੀਆਂ।
 ਉਹਨਾਂ ਕਿਹਾ ਕਿ ਜਦੋਂ ਗੁਰੂ ਸਾਹਿਬ ਦੀ ਸ਼ਹਾਦਤ ਮਗਰੋਂ ਜਹਾਂਗੀਰ ਦੀ ਮੁਲਾਕਾਤ ਸਾਈਂ ਮੀਆਂ ਮੀਰ ਨਾਲ ਹੋਈ ਤਾਂ ਉਹਨਾਂ ਨੇ ਜਹਾਂਗੀਰ ਨੂੰ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਇਕ ਵੱਡੇ ਦੌਰ ਦੀ ਤਬਦੀਲੀ ਲਿਆਵੇਗੀ। ਉਹਨਾਂ ਕਿਹਾ ਕਿ ਗੁਰੂ ਸਾਹਿਬ ਚਾਹੁੰਦੇ ਤਾਂ ਸਾਰਾ ਦੌਰ ਬਦਲਣ ਦੀ ਸਮਰਥਾ ਰੱਖਦੇ ਸਨ ਪਰ ਉਹਨਾਂ ਅਜਿਹਾ ਕਰਨ ਦੀ ਥਾਂ ’ਤੇ ਅਕਾਲ ਪੁਰਖ਼ ਦਾ ਹੁਕਮ ਮੰਨਿਆ ਤੇ ਸ਼ਹੀਦਾ ਦਾ ਰਾਹ ਚੁਣਿਆ।
ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕਰ ਕੇ ਗੁਰੂ ਸਾਹਿਬ ਨੇ ਭਗਤਾਂ, ਭੱਟਾਂ ਦੀ ਬਾਣੀ ਨੂੰ ਇਸ ਵਿਚ ਥਾਂ ਦਿੱਤੀ ਤੇ ਅੱਗੇ ਚਲ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਿੱਖ ਕੌਮ ਨੂੰ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਆਪਣਾ ਗੁਰੂ ਮੰਨਣ ਦਾ ਹੁਕਮ ਦਿੱਤਾ। ਉਹਨਾਂ ਕਿਹਾ ਕਿ ਅੱਜ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਪੜ੍ਹ ਕੇ ਆਪਣਾ ਜੀਵਨ ਸਫਲਾ ਕਰਦੇ ਹਾਂ।
ਇਸ ਮੌਕੇ ਦੋਵਾਂ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਲ ਵਿਚ ਹਰ ਪਰਿਵਾਰ ਘੱਟੋ ਘੱਟ ਇਕ ਸਹਿਜ ਪਾਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕਰੇ ਅਤੇ ਉਸਦਾ ਭੋਗ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਪਾਵੇ। ਉਹਨਾਂ ਕਿਹਾ ਕਿ ਜਿਹਨਾਂ ਲੋਕਾਂ ਦੇ ਘਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਹੈ, ਉਹ ਘਰ ਹੀ ਸਹਿਜ ਪਾਠ ਕਰ ਸਕਦੇ ਹਨ, ਜਿਹਨਾਂ ਦੇ ਘਰਾਂ ਵਿਚ ਥਾਂ ਹੈ, ਉਹ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਸੁਸ਼ੋਭਿਤ ਕਰ ਕੇ ਅਜਿਹਾ ਕਰ ਸਕਦੇ ਹਨ ਤੇ ਜਿਹਨਾਂ ਦੇ ਘਰ ਵਿਚ ਥਾਂ ਨਹੀਂ ਉਹ ਗੁਰੂ ਘਰਾਂ ਵਿਚ ਜਾ ਕੇ ਇਹ ਪਾਠ ਕਰ ਸਕਦੇ ਹਨ। ਉਹਨਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਘਰ ਘਰ ਪਹੁੰਚਾਈ ਜਾਵੇ।
ਉਹਨਾਂ ਕਿਹਾ ਕਿ ਇਹ ਵੀ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਹੈ ਕਿ ਹਰ ਸਾਲ ਇਸਤਰੀ ਸਤਿਸੰਗ ਦੀਆਂ ਬੀਬੀਆਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ 40 ਦਿਨ ਸੁਖਮਨੀ ਸਾਹਿਬ ਦਾ ਪਾਠ ਕਰਦੀਆਂ ਹਨ।
ਉਹਨਾਂ ਇਹ ਵੀ ਦੱਸਿਆ ਕਿ 1 ਤਾਰੀਕ ਤੋਂ ਦਿੱਲੀ ਕਮੇਟੀ ਵੱਲੋਂ ਗੁਰਮਤਿ ਦੇ ਕੈਂਪ ਸ਼ੁਰੂ ਕੀਤੇ ਗਏ ਹਨ ਜਿਹਨਾਂ ਵਿਚ ਹਜ਼ਾਰਾਂ ਬੱਚੇ ਗੁਰ ਇਤਿਹਾਸ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ 21 ਤਾਰੀਕ ਤੱਕ ਇਹ ਕੈਂਪ ਚੱਲਣੇ ਹਨ, ਜਿਹਨਾਂ ਦੇ ਬੱਚੇ ਹਾਲੇ ਤੱਕ ਇਹਨਾਂ ਵਿਚ ਸ਼ਾਮਲ ਨਹੀਂ ਹੋਏ, ਉਹ ਜ਼ਰੂਰ ਇਹਨਾਂ ਦਾ ਹਿੱਸਾ ਬਣਨ। ਇਸ ਮਗਰੋਂ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਹੀ ਵਿਚ ਸਮਾਪਤੀ ਸਮਾਗਮ ਹੋਵੇਗਾ।

No comments:

Post a Comment

Note: Only a member of this blog may post a comment.